ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸਿਜ਼ ਵਨੀਤਾ ਲੂਥਰਾ ਸਿਵਲ ਜੱਜ, ਸੀਨੀਅਰ ਡਿਵੀਜ਼ਨ ਕਮ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪੂਰਥਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਫਲਦਾਰ ਅਤੇ ਫੁੱਲਾਂ ਨਾਲ ਸਬੰਧਿਤ ਬੂਟੇ ਲਗਾਏ । ਮਿਸਿਜ਼ ਵਨੀਤਾ ਲੂਥਰਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਅਜੋਕੇ ਸਮੇਂ ਵਿੱਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ’ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰਿਆ-ਭਰਿਆ ਆਲਾ-ਦੁਆਲਾ ਹੀ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਹਾਈ ਹੋ ਸਕਦਾ ਹੈ। ਇਸ ਲਈ ਕਾਲਜਾਂ ਵਿੱਚ ਸਮੇਂ ਸਮੇਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਪੌਦੇ ਲਗਾਉਣ ਲਈ ਵੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਪ੍ਰਿੰਸੀਪਲ ਡਾ. ਢਿੱਲੋਂ ਨੇ ਬੋਲਦਿਆਂ ਕਿਹਾ ਕਿ ਸਾਫ਼ ਤੇ ਸ਼ੁੱਧ ਵਾਤਾਵਰਣ ਰੱਖਣ ਵਿੱਚ ਹਰੇਕ ਇਨਸਾਨ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਾ ਭਰਾ ਹੁੰਦਾ ਹੈ, ਉੱਥੇ ਸਾਨੂੰ ਪ੍ਰਦੂਸ਼ਣ ਤੋ ਵੀ ਨਿਜਾਤ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਐਡਵੋਕੇਟ ਆਨੁਜ ਆਨੰਦ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
No comments:
Post a Comment