ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਭਾਰਤ ਸਰਕਾਰ ਦੇ ਅਦਾਰੇ, ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਦੀ ਯਾਦ ਵਿੱਚ 23 ਮਾਰਚ ਨੂੰ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਫ਼ਲਸਫ਼ੇ ਅਤੇ ਆਜ਼ਾਦੀ ਤੋਂ ਬਾਅਦ ਦੇ ਭਾਰਤ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਨੌਜ਼ਵਾਨ ਪੀੜ੍ਹੀ 'ਤੇ ਉਨ੍ਹਾਂ ਦੇ ਪ੍ਰਭਾਵ ਤੇ ਚਾਨਣਾ ਪਾਉਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਤਾਂ ਜੋ ਉਨ੍ਹਾਂ ਦੇ ਦੇਸ਼ ਵਾਸੀ ਸ਼ਾਂਤੀਪੂਰਨ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਬਾਅਦ ਵਿੱਚ ਸਮੂਹ ਸਟਾਫ਼ ਨੇ ਵੀ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈਣ ਅਤੇ ਦੇਸ਼ ਪ੍ਰਤੀ ਸਮਰਪਿਤ ਰਹਿਣ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜ਼ਵਾਨਾਂ ਵਿੱਚ ਦੇਸ਼ਭਗਤੀ ਅਤੇ ਰਾਸ਼ਟਰੀ ਪ੍ਰੇਮ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਪੋਸਟਰ ਵੀ ਬਣਾਏ, ਜਿਸ ਵਿੱਚੋਂ ਪਹਿਲਾ ਸਥਾਨ ਨਵਦੀਪ ਕੌਰ ਨੇ, ਦੂਸਰਾ ਸਥਾਨ ਸੰਦੀਪ ਕੌਰ ਨੇ ਅਤੇ ਤੀਸਰਾ ਸਥਾਨ ਅਨਮੋਲਪ੍ਰੀਤ ਕੌਰ ਤੇ ਸੰਦੀਪ ਕੌਰ ਨੇ ਪ੍ਰਾਪਤ ਕੀਤਾ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਇਤਿਹਾਸ ਵਿਭਾਗ ਦੇ ਪ੍ਰੋਫ਼ੈਸਰ ਡਿੰਪਲ ਕੁਮਾਰ ਨੇ ਬਾਖ਼ੂਬੀ ਨਿਭਾਈ। ਪ੍ਰੋਗਰਾਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਰੇ ਲਗਾਏ ਅਤੇ ਸ਼ਹੀਦਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ਅੰਤ ਵਿਚ ਸਭ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
No comments:
Post a Comment