ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ, ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐਨ ਐਸ ਐਸ ਵਿਭਾਗ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਫ਼ਲਦਾਰ ਅਤੇ ਫੁੱਲਾਂ ਨਾਲ ਸਬੰਧਿਤ ਬੂਟੇ ਲਗਾਏ । ਪ੍ਰਿੰਸੀਪਲ ਡਾ. ਢਿੱਲੋਂ ਨੇ ਰੁੱਖ ਲਗਾਓ, ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬੇਹੱਦ ਜ਼ਰੂਰਤ ਹੈ ਤਾਂ ਕਿ ਭਵਿੱਖ ’ਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਲਈ ਹੀ ਨਹੀਂ, ਸਗੋਂ ਸਾਡੇ ਜੀਵਨ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਸਾਫ਼ ਤੇ ਸ਼ੁੱਧ ਵਾਤਾਵਰਣ ਰੱਖਣ ਵਿੱਚ ਹਰੇਕ ਇਨਸਾਨ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਰੁੱਖ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਾ ਭਰਾ ਹੁੰਦਾ ਹੈ, ਉੱਥੇ ਸਾਨੂੰ ਪ੍ਰਦੂਸ਼ਣ ਤੋ ਵੀ ਨਿਜ਼ਾਤ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਲਵੀ ਮਹਿਤਾ, ਕਾਲਜ ਸੁਪਰਡੈਂਟ ਮਹਿਕ ਮਲਹੋਤਰਾ, ਆਫਿਸ ਅਸਿਸਟੈਂਟ ਅਮਨਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
No comments:
Post a Comment