Saturday, 2 August 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਵਸ|



ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਇਤਿਹਾਸ ਵਿਭਾਗ ਅਤੇ ਐਨ ਐਸ ਐਸ ਯੂਨਿਟ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ  ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ  ਸ਼ਾਮਲ ਹੋਏ। ਮੁੱਖ ਰਿਸੋਰਸ ਪਰਸਨ ਪ੍ਰੋ. ਡਿੰਪਲ ਕੁਮਾਰ ਨੇ ਬੋਲਦਿਆਂ ਕਿਹਾ ਕਿ  ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦੇਸ਼ ਦੇ ਲੋਕਾਂ ਦੀ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ। 13 ਅਪ੍ਰੈਲ 1919 ਈਸਵੀ ਵਿੱਚ  ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਊਧਮ ਸਿੰਘ ਦੇ ਮਨ ’ਤੇ ਬਹੁਤ ਡੂੰਘਾ ਅਸਰ ਪਿਆ। ਇਸ ਘਟਨਾ ਤੋਂ ਬਾਅਦ ਉਨ੍ਹਾਂ ਜਲ੍ਹਿਆਂਵਾਲਾ ਬਾਗ਼ ਦੀ ਮਿੱਟੀ ਅਪਣੇ ਹੱਥਾਂ ਵਿਚ ਲੈ ਕੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਨੂੰ ਅੰਜ਼ਾਮ ਦੇਣ ਵਾਲੇ ਮਾਈਕਲ ਓਡਵਾਇਰ ਤੋਂ ਬਦਲਾ ਲੈਣ ਦਾ ਪ੍ਰਣ ਲਿਆ। ਅਪਣੇ ਮਿਸ਼ਨ ਨੂੰ ਪੂਰਾ ਕਰਨ ਲਈ ਉਨ੍ਹਾਂ ਇਸ ਸਾਕੇ ਦਾ ਦਰਦ ਅਪਣੇ ਸੀਨੇ ਵਿਚ ਜਿਉਂਦਾ ਰਖਿਆ ਅਤੇ ਅੰਤ ਬਦਲਾ ਵੀ ਲਿਆ । ਉਨ੍ਹਾਂ ਕਿਹਾ ਕਿ ਊਧਮ ਸਿੰਘ ਇੱਕ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦੇ ਮਾਲਕ ਸਨ। ਜਦੋਂ ਲੰਡਨ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਊਧਮ ਨੇ ਆਪਣਾ ਨਾਮ ‘ਮੁਹੰਮਦ ਸਿੰਘ ਆਜ਼ਾਦ’ ਦੱਸਿਆ ਸੀ। ਦਰਅਸਲ ਊਧਮ ਸਿੰਘ ਦੇ ਅਜਿਹੇ ਨਾਮ ਰੱਖਣ ਦਾ ਮਤਲਬ ਸਮੂਹ ਧਰਮਾਂ, ਜਾਤਾਂ, ਕਬੀਲਿਆਂ ਨੂੰ ਬਰਾਬਰ ਅਤੇ ਇੱਕੋ ਨਜ਼ਰੀਏ ਨਾਲ ਵੇਖਣ ਅਤੇ ਧਰਮ ਨਿਰਪੱਖਤਾ ਦਾ ਪ੍ਰਤੀਕ ਸੀ। ਮੁੱਖ ਮਹਿਮਾਨ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ  ਨੇ ਸ਼ਹੀਦ ਊਧਮ ਸਿੰਘ ਦੇ ਜੀਵਨ, ਫ਼ਲਸਫ਼ੇ ਅਤੇ ਆਜ਼ਾਦੀ ਤੋਂ ਬਾਅਦ ਦੇ ਭਾਰਤ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼ਹੀਦ ਊਧਮ ਸਿੰਘ ਦੇ ਵਿਚਾਰਾਂ ਅਤੇ ਨੌਜਵਾਨ ਪੀੜ੍ਹੀ ਤੇ ਉਨ੍ਹਾਂ ਦੇ ਪ੍ਰਭਾਵ ਤੇ ਚਾਨਣਾ ਪਾਉਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ,ਤਾਂ ਜੋ ਉਨ੍ਹਾਂ ਦੇ ਦੇਸ਼ ਵਾਸੀ ਸ਼ਾਂਤੀਪੂਰਨ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਊਧਮ ਸਿੰਘ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਅਤੇ ਸਟਾਫ਼ ਨੇ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਇੰਟਰਨੈਸ਼ਨਲ ਯੂਥ ਡੇਅ ਨੂੰ ਸਮਰਪਿਤ ਕਰਵਾਇਆ ਪ੍ਰੋਗਰਾਮ

 ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ  ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ  ਵੱਲੋਂ...