ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ, ਜਿਸ ਵਿੱਚ 60 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗੁਰੂ ਜੀ ਦੇ ਉੱਚ ਆਦਰਸ਼ਾਂ ਅਤੇ ਕੁਰਬਾਨੀ ਦੇ ਜਜ਼ਬੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਮੁਕਾਬਲੇ ਵਿੱਚ ਵਿਦਿਆਰਥੀਆਂ ਨੇ “ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਸੰਦੇਸ਼”, “ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਦੀ ਕੁਰਬਾਨੀ” ਅਤੇ “ਗੁਰੂ ਤੇਗ਼ ਬਹਾਦਰ ਜੀ ਦਾ ਮਨੁੱਖਤਾ ਪ੍ਰਤੀ ਯੋਗਦਾਨ” ਵਰਗੇ ਵਿਸ਼ਿਆਂ ‘ਤੇ ਜੋਸ਼ ਅਤੇ ਸ਼ਰਧਾ ਨਾਲ ਭਾਸ਼ਣ ਦਿੱਤੇ। ਮੁਕਾਬਲੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਦੇ ਪਵਿਤਰ ਸਿਧਾਂਤਾਂ ਬਾਰੇ ਵਿਚਾਰ ਸਾਂਝੇ ਕਰਦਿਆਂ, ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੇ ਬਲਿਦਾਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਗੁਰੂ ਜੀ ਦੇ ਆਦਰਸ਼ਾਂ ਸੱਚ, ਧਰਮ, ਮਨੁੱਖਤਾ ਅਤੇ ਸਹਿਨਸ਼ੀਲਤਾ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਧਰਮ, ਸੱਚਾਈ ਅਤੇ ਮਨੁੱਖਤਾ ਦੀ ਰੱਖਿਆ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹਾਦਤ ਰਾਹੀਂ ਸਾਨੂੰ ਮਨੁੱਖਤਾ, ਨਿਆਂ ਅਤੇ ਧਾਰਮਿਕ ਅਜ਼ਾਦੀ ਦਾ ਸੰਦੇਸ਼ ਦਿੱਤਾ ਹੈ ਅਤੇ ਗੁਰੂ ਜੀ ਦੀ ਸ਼ਖ਼ਸੀਅਤ ਸੱਚਾਈ ਅਤੇ ਸਹਿਜ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬੀ ਸਾਹਿਤ ਸਭਾ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜ਼ਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਗੁਰਮਤਿ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਦੇ ਹਨ। ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਸੱਚ ਅਤੇ ਧਰਮ ਦੀ ਰੱਖਿਆ ਲਈ ਜੀਵਨ ਦੀ ਬਾਜ਼ੀ ਲਗਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ ਕਿਉਂਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਸੱਚ, ਨਿਸ਼ਠਾ ਅਤੇ ਮਨੁੱਖਤਾ ਲਈ ਜੀਣ ਦਾ ਪਾਠ ਪੜ੍ਹਾਉਂਦੀ ਹੈ। ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ਲਈ ਆਧਿਆਤਮਿਕ ਤੇ ਨੈਤਿਕ ਜਾਗਰੂਕਤਾ ਦਾ ਸਰੋਤ ਸਾਬਤ ਹੋਇਆ। ਅੰਤ ਵਿੱਚ ਉਨ੍ਹਾਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਵਿਦਿਆਰਥੀ ਦਿਲਜੀਤ ਸਿੰਘ ਅਤੇ ਨਵਰੋਜਦੀਪ ਕੌਰ ਨੇ, ਦੂਸਰਾ ਸਥਾਨ ਹਰਲੀਨ ਨੇ ਅਤੇ ਤੀਸਰਾ ਸਥਾਨ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।
ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਸਨਮਾਨਤ ਵੀ ਕੀਤਾ । ਸਮਾਰੋਹ ਦਾ ਸੰਚਾਲਨ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਕੀਤਾ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment