
ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਯੂਥ ਡੇਅ ਦੇ ਮੌਕੇ ‘ਤੇ ਇੱਕ ਪ੍ਰੇਰਣਾਦਾਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰਾਂ ਰਾਹੀਂ ਨੌਜ਼ਵਾਨਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨੂੰ ਉਭਾਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਨੌਜ਼ਵਾਨਾਂ ਨੂੰ ਜੀਵਨ ਵਿੱਚ ਉੱਚੇ ਆਦਰਸ਼ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਨੌਜ਼ਵਾਨਾਂ ਨੂੰ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ, ਸਕਾਰਾਤਮਕ ਸੋਚ ਨਾਲ ਅੱਗੇ ਵਧਣਾ ਚਾਹੀਦਾ ਹੈ। ਸਾਨੂੰ ਸਿਰਫ਼ ਆਪਣੇ ਲਈ ਨਹੀਂ, ਸਗੋਂ ਸਮਾਜ ਅਤੇ ਦੇਸ਼ ਲਈ ਵੀ ਕੁਝ ਕਰਨ ਦਾ ਜਜ਼ਬਾ ਰੱਖਣਾ ਚਾਹੀਦਾ ਹੈ। ਰੈੱਡ ਰੀਬਨ ਕਲੱਬ ਅਤੇ ਐਨ ਐਸ ਐਸ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਯੂਥ ਡੇਅ ਭਾਰਤ ਵਿੱਚ ਹਰ ਸਾਲ 12 ਜਨਵਰੀ ਨੂੰ ਮਨਾਇਆ ਜਾਂਦਾ ਹੈ, ਜੋ ਕਿ ਮਹਾਨ ਦਾਰਸ਼ਨਿਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਦੀ ਯਾਦ ਵਿੱਚ ਹੈ। ਇਹ ਦਿਨ ਨੌਜ਼ਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਅਤੇ ਆਦਰਸ਼ਾਂ ਤੋਂ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਇਸਨੂੰ ਵਿਵੇਕਾਨੰਦ ਜਯੰਤੀ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਆਦਰਸ਼ਾਂ ਨੂੰ ਜੀਵਨ ਵਿੱਚ ਅਪਣਾ ਕੇ ਇੱਕ ਮਜ਼ਬੂਤ, ਸਸ਼ਕਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਨੇ ਕਿਹਾ ਸੀ— “ਉੱਠੋ, ਜਾਗੋ ਅਤੇ ਮੰਜ਼ਿਲ ਪ੍ਰਾਪਤ ਹੋਣ ਤੱਕ ਨਾ ਰੁਕੋ।” ਇਹ ਸ਼ਬਦ ਅੱਜ ਵੀ ਨੌਜ਼ਵਾਨਾਂ ਦੇ ਦਿਲਾਂ ਵਿੱਚ ਜੋਸ਼ ਭਰਦੇ ਹਨ। ਨੌਜ਼ਵਾਨ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਸਾਡੇ ਵਿਚਾਰ, ਸਾਡੀ ਮਿਹਨਤ ਅਤੇ ਸਾਡੀ ਨਵੀਂ ਸੋਚ ਹੀ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦਿੰਦੀ ਹੈ। ਅੱਜ ਦਾ ਨੌਜ਼ਵਾਨ ਜੇਕਰ ਸਿੱਖਿਆ, ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਏ, ਤਾਂ ਦੇਸ਼ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਸਕਦਾ ਹੈ। ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਕ ਅਤੇ ਸਾਰਥਕ ਸਾਬਤ ਹੋਇਆ। ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਂ ਬੰਨ੍ਹਿਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।