ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਇਤਿਹਾਸ ਵਿਭਾਗ ਨੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ । ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ, ਕੁਰਬਾਨੀ ਅਤੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ।
ਸੈਮੀਨਾਰ ਵਿੱਚ ਮੁੱਖ ਰਿਸੋਰਸ ਪਰਸਨ ਡਾ. ਤੇਜਿੰਦਰ ਵਿਰਲੀ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਨੌਜ਼ਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੀ ਸੋਚ ਸਿਰਫ਼ ਆਜ਼ਾਦੀ ਪ੍ਰਾਪਤੀ ਤੱਕ ਸੀਮਤ ਨਹੀਂ ਸੀ, ਸਗੋਂ ਉਹ ਇੱਕ ਅਜਿਹੇ ਸਮਾਜ ਦੀ ਕਲਪਨਾ ਕਰਦੇ ਸਨ ਜਿਸ ਵਿੱਚ ਮਨੁੱਖੀ ਬਰਾਬਰੀ, ਇਨਸਾਫ਼, ਸਿੱਖਿਆ ਅਤੇ ਤਰਕਸ਼ੀਲ ਸੋਚ ਨੂੰ ਮਹੱਤਵ ਪ੍ਰਾਪਤ ਹੋਵੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ, ਉਨ੍ਹਾਂ ਦੇ ਸਾਹਿਤਕ ਅਤੇ ਬੌਧਿਕ ਪੱਖ ਤੇ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੂੰ ਭਗਤ ਸਿੰਘ ਦੀਆਂ ਲਿਖਤਾਂ ਅਤੇ ਵਿਚਾਰਾਂ ਦਾ ਅਧਿਐਨ ਕਰਨ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਦੇਸ਼, ਸਮਾਜ ਅਤੇ ਮਨੁੱਖਤਾ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਇਤਿਹਾਸਕ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਇਤਿਹਾਸ ਵਿਭਾਗ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਨਾਲ ਸਬੰਧਤ ਚਰਚਾ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਸੈਮੀਨਾਰ ਦੇ ਅੰਤ ਵਿੱਚ ਪ੍ਰੋ. ਡਿੰਪਲ ਕੁਮਾਰ ਨੇ ਮੁੱਖ ਰਿਸੋਰਸ ਪਰਸਨ, ਕਾਲਜ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

No comments:
Post a Comment