Wednesday, 21 October 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ




ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਈਕੋ ਕਲੱਬ ਵੱਲੋਂ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਵਾਤਾਵਰਨ, ਜੰਗਲ ਅਤੇ ਜਲਵਾਜੂ ਤਬਦੀਲੀ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿਦਿਅਕ ਅਤੇ ਵਿਹਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ, ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।

ਇਸ ਮੌਕੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਪ੍ਰਦੂਸ਼ਣ, ਕੁਦਰਤ ਦੀ ਸੰਭਾਲ ਅਤੇ ਵਾਤਾਵਰਨ-ਅਨੁਕੂਲ ਜੀਵਨ-ਸ਼ੈਲੀ ਵਰਗੇ ਵਿਸ਼ਿਆਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ, ਵੇਸਟ ਮਟੀਰੀਅਲ ਨੂੰ ਮੁੜ ਵਰਤੋਂ ਵਿੱਚ ਲਿਆਉਣ ਦੇ ਉਦੇਸ਼ ਨਾਲ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਵੀ ਲਗਾਈ ਗਈ। ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਬੇਕਾਰ ਸਮੱਗਰੀ ਦੀ ਸੁਚੱਜੀ ਵਰਤੋਂ, ਮੁੜ ਵਰਤੋਂ ਦੀਆਂ ਸੰਭਾਵਨਾਵਾਂ ਅਤੇ ਕੂੜੇ ਦੀ ਮਾਤਰਾ ਘਟਾਉਣ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਿਰਜਣਾਤਮਕ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਾਤਾਵਰਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਾਣੀ ਦੀ ਬੱਚਤ ਕਰਨ, ਪਲਾਸਟਿਕ ਦੀ ਵਰਤੋਂ ਘਟਾਉਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਵਸਤੂਆਂ ਦੀ ਮੁੜ ਵਰਤੋਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜ਼ਵਾਨ ਪੀੜ੍ਹੀ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਈਕੋ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ-ਅਨੁਕੂਲ ਆਦਤਾਂ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰੀ ਸੰਸਥਾਵਾਂ ਜਾਂ ਕਿਸੇ ਵਿਸ਼ੇਸ਼ ਸੰਗਠਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਬੇਕਾਰ ਵਸਤੂਆਂ ਨੂੰ ਮੁੜ ਵਰਤੋਂ ਵਿੱਚ ਲਿਆਉਣ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਹੋਰਨਾਂ ਨੂੰ ਵੀ ਜਾਗਰੂਕ ਕਰਨ। ਇਸ ਮੌਕੇ ਕਰਾਏ ਪੋਸਟਰ ਮੇਕਿੰਗ ਮੁਕਾਬਲਿਆਂ  ਵਿੱਚੋਂ ਨਵਦੀਪ ਕੌਰ ਨੇ ਪਹਿਲਾ ਸਥਾਨ, ਦਵਿੰਦਰ ਸਿੱਧੂ ਤੇ ਸਾਨੀਆ ਵਰਮਾ ਨੇ ਦੂਸਰਾ ਸਥਾਨ ਅਤੇ ਨਵਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਵੱਲੋਂ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵੱਲ ਇੱਕ ਸਾਰਥਕ ਉਪਰਾਲਾ ਹੈ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ, ਵਿਸ਼ਾਲ ਸ਼ੁਕਲਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਈਕੋ ਕਲੱਬ ਵੱਲੋਂ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਵਾਤਾਵਰਨ, ਜੰਗਲ ਅਤੇ ਜਲਵਾਜੂ ਤਬਦੀਲੀ ਮੰਤਰਾਲਾ, ਭਾਰਤ ਸਰਕਾਰ ਦੇ...